LPU ਘਟਨਾ ਤੋਂ ਬਾਅਦ ਕਈ ਇਲਾਕਿਆਂ ‘ਚ ਇੰਟਰਨੈੱਟ ਬੰਦ, DGP ਨੇ ਦਿੱਤੇ ਕਾਰਵਾਈ ਦੇ ਹੁਕਮ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪੈਦਾ ਹੋਈ ਤਣਾਅਪੂਰਨ ਸਥਿਤੀ ਨੂੰ ਭਾਵੇਂ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਕਰ ਲਿਆ ਹੈ ਪਰ ਇਸ ਦੇ ਬਾਵਜੂਦ ਯੂਨੀਵਰਸਿਟੀ ਦੇ ਨੇੜਲੇ ਇਲਾਕਿਆਂ ਵਿਚ ਅਹਿਤਿਆਰ ਦੇ ਤੌਰ ‘ਤੇ ਇੰਟਰਨੈੱਟ ਸੇਵਾਵਾਂ ਕੁਝ ਦੇਰ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦਰਮਿਆਨ ਡੀ.ਜੀ.ਪੀ. ਗੌਰਵ ਯਾਦਵ ਅੱਜ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਯੂਨੀਵਰਸਿਟੀ ਪਹੁੰਚੇ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲਿਆ ਹੈ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀ. ਜੀ. ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨਾਲ ਗੱਲਬਾਤ ਮਗਰੋਂ ਪਤਾ ਲੱਗਾ ਹੈ ਕਿ ਵਿਦਿਆਰਥੀਆਂ ਵਿਚਾਲੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਲੈ ਕੇ ਕਾਫੀ ਰੋਸ ਸੀ, ਪਰ ਪੁਲਸ ਨੇ ਗੱਲਬਾਤ ਨਾਲ ਮਸਲੇ ਦਾ ਹੱਲ ਕੱਢਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸਾਰੇ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਜਿਵੇਂ ਹਾਲਾਤ ਵਿਗੜੇ ਅਸੀਂ ਪਹਿਲਾਂ ਹੀ ਫੈਸਲਾ ਲੈ ਲਿਆ ਸੀ ਕਿ ਵਿਦਿਆਰਥੀਆਂ ਉਪਰ ਫੋਰਸ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਐੱਫ. ਆਈ. ਆਰ. ਦਰਜ ਹੋਈ ਹੈ। ਜਾਂਚ ਟੀਮ ਗੰਭੀਰਤਾ ਨਾਲ ਸਾਰੇ ਮਾਮਲੇ ਵਿਚ ਜਾਂਚ ਕਰੇਗੀ। ਜਿਨ੍ਹਾਂ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਪੁਲਸ ਦੀਆਂ ਗੱਡੀਆਂ ਉਪਰ ਹਮਲਾ ਹੋਇਆ ਹੈ, ਜਿਨ੍ਹਾਂ ਨੇ ਭੰਨਤੋੜ ਕੀਤੀ, ਅਸੀਂ ਜਾਂਚ ਕਰ ਰਹੇ ਹਾਂ, ਸੀਸੀਟੀਵੀ ਵੀਡੀਓ ਦੇਖ ਰਹੇ ਹਾਂ, ਕਾਨੂੰਨ ਹੱਥ ਵਿਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।