Breaking News

ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਪਸ਼ਟੀਕਰਨ ਜਨਤਕ ਕੀਤੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪਿਆ ਪੱਤਰ ਕੀਤਾ ਗਿਆ ਜਨਤਕ

ਅੰਮ੍ਰਿਤਸਰ ,5 ਅਗਸਤ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪਸ਼ਟੀਕਰਨ ਨੂੰ ਅੱਜ ਜਨਤਕ ਕਰ ਦਿੱਤਾ ਹੈ।

ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਕਤਰੇਤ ਵਿਖੇ ਮਿਲ ਕੇ ਗੈਰ ਰਸਮੀ ਮੀਟਿੰਗ ਕੀਤੀ ਗਈ ਜਿਸ ਦੌਰਾਨ ਸਲਾਹ ਮਸ਼ਵਰੇ ਮਗਰੋਂ ਇਹ ਦੋਵੇਂ ਸਪਸ਼ਟੀਕਰਨ ਪੱਤਰ ਜਨਤਕ ਕੀਤੇ ਹਨ।

ਜਥੇਦਾਰ ਦੇ ਮੀਡੀਆ ਸਕੱਤਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸਪਸ਼ਟੀਕਰਨ ਸਬੰਧੀ ਪਾਏ ਜਾ ਰਹੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਦੋਵੇਂ ਪੱਤਰ ਜਨਤਕ ਕੀਤੇ ਹਨ।

ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਵਿੱਚ ਉਨ੍ਹਾਂ ਨੇ ਅਕਾਲੀ ਸਰਕਾਰ ਵੇਲੇ ਸਮੁੱਚੀ ਪਾਰਟੀ, ਪਾਰਟੀ ਦੇ ਆਗੂਆਂ ਅਤੇ ਹੋਰਨਾਂ ਵੱਲੋਂ ਹੋਈਆਂ ਭੁੱਲਾਂ-ਚੁੱਕਾਂ, ਗਲਤੀਆਂ ਨੂੰ ਆਪਣੀ ਝੋਲੀ ਵਿੱਚ ਪਾਇਆ ਅਤੇ ਕਿਹਾ ਅਣਜਾਣੇ ਵਿੱਚ ਹੋਈਆਂ ਇਨ੍ਹਾਂ ਭੁੱਲਾਂ ਦੀ ਉਹ ਖਿਮਾ ਯਾਚਨਾ ਕਰਦੇ ਹਨ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਫੈਸਲਾ ਕੀਤਾ ਜਾਵੇਗਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।