ਮੋਗਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬੁੱਕਣਵਾਲ ਰੋਡ ਮੋਗਾ ਨਿਵਾਸੀ ਦਵਿੰਦਰ ਸਿੰਘ (22) ਵੱਲੋਂ ਨਗਰ ਨਿਗਮ ਮੋਗਾ ਦੇ ਕੌਂਸਲਰ ਅਤੇ ਉਸ ਦੇ ਸਾਥੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਬਸੰਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਨਗਰ ਨਿਗਮ ਮੋਗਾ ਦੇ ਕੌਂਸਲਰ ਬੂਟਾ ਸਿੰਘ ਅਤੇ ਜੱਸਾ ਸਮੇਤ 2 ਵਿਰੁੱਧ ਖੁਦਕੁਸ਼ੀ ਦੇ ਲਈ ਮਜ਼ਬੂਰ ਕਰਨ ਤਹਿਤ ਥਾਣਾ ਸਿਟੀ ਸਾਉਥ ਵਿਚ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਅਤੇ ਉਸ ਨੇ ਅਪਣੇ ਸਹੁਰਿਆਂ ਤੋਂ ਆ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਜਦ ਉਸ ਦੀ ਹਾਲਤ ਵਿਗੜਣ ਲੱਗੀ ਤਾਂ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ।
ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਮੇਰੇ ਬੇਟੇ ਨੇ ਮੈਨੂੰ ਦੱਸਿਆ ਕਿ ਉਸ ਤੋਂ ਕੌਂਸਲਰ ਬੂਟਾ ਸਿੰਘ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਨਾ ਦੇਣ ’ਤੇ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦਿੰਦਾ ਸੀ। ਇਸ ਗੱਲ ਕਾਰਨ ਉਸ ਦਾ ਪੁੱਤਰ ਦਵਿੰਦਰ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ।