USA ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਗੁਰਜੰਟ ਸਿੰਘ
ਅੰਮ੍ਰਿਤਸਰ : ਘਰ ਦੇ ਸੁਨਿਹਰੀ ਭਵਿੱਖ ਦੇ ਸੁਪਨੇ ਲੈ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨੇ ਪਰਿਵਾਰ ‘ਚ ਮਾਤਮ ਛਾ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਭਿੰਡੀਸੈਦਾਂ ਦੇ ਰਹਿਣ ਵਾਲੇ ਸਰਬਜੀਤ ਸਿੰਘ ਦਾ 30 ਸਾਲਾ ਪੁੱਤਰ ਗੁਰਜੰਟ ਸਿੰਘ ਘਰ ਦੀਆਂ ਆਰਥਿਕ ਤੰਗੀਆਂ ਦੂਰ ਕਰਨ ਲਈ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਦੇ ਅਜੂਬਾ ਸਿਟੀ ਵਿੱਚ ਇੱਕ ਸਟੋਰ ‘ਤੇ ਨੌਕਰੀ ਕਰਦਾ ਸੀ। ਪਰ ਕੁਝ ਦਿਨ ਪਹਿਲਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਗੁਰਜੰਟ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਬੇਨਤੀ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ।