Breaking News

ਕੈਨੇਡਾ – 12 ਲੱਖ ਪਰਵਾਸੀ ਹੋਣਗੇ ਡਿਪੋਰਟ, 38030 ਗ੍ਰਿਫਤਾਰੀ ਵਰੰਟ ਜਾਰੀ…, ਬਹੁਤਾਤ ਗਿਣਤੀ ਭਾਰਤੀਆਂ ਦੀ

Canada Immigration News: ਕੈਨੇਡਾ ਸਰਕਾਰ ਪਰਵਾਸੀਆਂ ਲਈ ਲਗਾਤਾਰ ਸਖਤ ਕਾਨੂੰਨ ਬਣਾ ਰਹੀ ਹੈ। ਇਸ ਦੇ ਨਾਲ ਹੀ ਕੈਨੇਡਾ ਵੱਲੋਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਵਿੱਚੋਂ ਕੱਢਣ ਦਾ ਕਵਾਇਦ ਸ਼ੁਰੂ ਕਰ ਦਿੱਤੀ ਹੈ

Canada Immigration News: ਕੈਨੇਡਾ ਸਰਕਾਰ ਪਰਵਾਸੀਆਂ ਲਈ ਲਗਾਤਾਰ ਸਖਤ ਕਾਨੂੰਨ ਬਣਾ ਰਹੀ ਹੈ। ਇਸ ਦੇ ਨਾਲ ਹੀ ਕੈਨੇਡਾ ਵੱਲੋਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਵਿੱਚੋਂ ਕੱਢਣ ਦਾ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਸੂਤਰਾਂ ਮੁਤਾਬਕ ਅਗਲੇ ਸਾਲ ਤੱਕ ਕਰੀਬ 12 ਲੱਖ ਕੱਚੇ ਪਰਵਾਸੀਆਂ ਨੂੰ ਦੇਸ਼ ’ਚੋਂ ਕੱਢਿਆ ਜਾਏਗਾ।

ਇਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਲੋਕ ਵੀ ਸ਼ਾਮਲ ਹਨ। ਸੀਬੀਐਸਏ ਦੇ ਸੂਤਰਾਂ ਅਨੁਸਾਰ ਢਾਈ ਹਜ਼ਾਰ ਤੋਂ ਵੱਧ ਕੱਚੇ ਲੋਕਾਂ ਨੂੰ ਅਗਲੇ ਹਫਤੇ ਵਾਪਸ ਭੇਜਣ ਦੇ ਪ੍ਰਬੰਧ ਹੋ ਚੁੱਕੇ ਹਨ।

ਦਰਅਸਲ ਇਮੀਗਰੇਸ਼ਨ ਮੰਤਰੀ ਮਾਈਕ ਮਿਲਰ ਨੇ ਸੰਕੇਤ ਦਿੱਤਾ ਹੈ ਕਿ ਅਗਲੇ ਸਾਲ ਤੱਕ ਕਰੀਬ 12 ਲੱਖ ਕੱਚੇ ਲੋਕਾਂ ਨੂੰ ਦੇਸ਼ ’ਚੋਂ ਕੱਢਣ ਦੀ ਰਣਨੀਤੀ ਬਣਾਈ ਜਾ ਰਹੀ ਹੈ। ਇਸ ਕੰਮ ‘ਚ ਤੇਜ਼ੀ ਲਿਆਉਣ ਲਈ ਬਾਰਡਰ ਸਰਵਿਸ ਏਜੰਸੀ (ਸੀਬੀਐਸਏ) ਦੇ ਅਮਲੇ ਦੀ ਨਫ਼ਰੀ 15 ਫ਼ੀਸਦ ਵਧਾਈ ਗਈ ਹੈ ਤੇ ਇਸ ਨੂੰ ਕੁਝ ਵਾਧੂ ਸ਼ਕਤੀਆਂ ਵੀ ਦਿੱਤੀਆਂ ਹਨ। ਇਸ ਦੇ ਨਾਲ ਹੀ ਇਮੀਗਰੇਸ਼ਨ ਤੇ ਵੀਜ਼ਾ ਨਿਯਮ ਵੀ ਸਖਤ ਕੀਤੇ ਜਾ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਬਾਰਡਰ ਏਜੰਸੀ ਕੋਲ 38030 ਲੋਕਾਂ ਦੇ ਗ੍ਰਿਫਤਾਰੀ ਵਰੰਟ ਆ ਚੁੱਕੇ ਹਨ, ਜਿਨ੍ਹਾਂ ਨੂੰ ਅਗਲੇ ਦਿਨਾਂ ‘ਚ ਉਨ੍ਹਾਂ ਦੇ ਪਿੱਤਰੀ ਦੇਸ਼ਾਂ ਨੂੰ ਜਾਣ ਵਾਲੇ ਜਹਾਜ਼ਾਂ ‘ਚ ਬਿਠਾਉਣ ਦੀ ਤਿਆਰੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ’ਚੋਂ ਬਹੁਤੇ ਉਹ ਹਨ, ਜੋ ਸੈਲਾਨੀ ਬਣ ਕੇ ਕੈਨੇਡਾ ਪੁੱਜੇ ਤੇ ਅਣ-ਅਧਿਕਾਰਤ ਤੌਰ ’ਤੇ ਕੰਮ ਕਰਦਿਆਂ ਫੜੇ ਗਏ। ਕੁਝ ਉਹ ਹਨ, ਜੋ ਵੀਜ਼ੇ ਜਾਂ ਵਰਕ ਪਰਮਿਟ ਦੀ ਮਿਆਦ ਖਤਮ ਹੋਣ ਤੋਂ ਬਾਅਦ ਮੁਲਕ ਵਿੱਚ ਹੀ ਟਿਕ ਗਏ ਸਨ।

ਸੂਤਰਾਂ ਮੁਤਾਬਕ ਕੈਨੇਡਾ ਪਹੁੰਚੇ ਲੋਕਾਂ ਵੱਲੋਂ ਪੱਕੇ ਰਿਹਾਇਸ਼ੀ (ਪੀਆਰ) ਬਣਨ ਲਈ ਇਮੀਗਰੇਸ਼ਨ ਸਲਾਹਕਾਰਾਂ ਵੱਲੋਂ ਸੁਝਾਏ ਵੱਖ-ਵੱਖ ਦਾਅਵਿਆਂ ਹੇਠ ਜਮ੍ਹਾਂ ਕਰਾਈਆਂ ਫਾਈਲਾਂ ਦੀ ਗਿਣਤੀ ਢਾਈ ਲੱਖ ਤੋਂ ਟੱਪ ਗਈ ਹੈ। ਫਾਈਲਾਂ ਦੇ ਐਨੇ ਉੱਚੇ ਢੇਰ ਦੇ ਆਮ ਹਾਲਤਾਂ ਵਿੱਚ ਨਿਪਟਾਰੇ ਨੂੰ 4-5 ਸਾਲਾਂ ਦੀ ਥਾਂ ਕੁਝ ਮਹੀਨਿਆਂ ਵਿੱਚ ਪਾਸੇ ਲਾਉਣ ਦੇ ਢੰਗ ਲੱਭੇ ਗਏ ਹਨ। ਆਵਾਸ ਮੰਤਰੀ ਦੇ ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਫਾਈਲਾਂ ਦੇ ਇਸ ਢੇਰ ਦਾ ਵਰਗੀਕਰਣ ਕਰਕੇ, ਹਰੇਕ ਵਰਗ ਨੂੰ ਸਮੁੱਚੇ ਰੂਪ ਵਿੱਚ ਖਾਸ ਨੀਤੀਆਂ ਦੇ ਸਕੈਨਰ ’ਚੋਂ ਲੰਘਾ ਕੇ ਕੁਝ ਹਫਤਿਆਂ ‘ਚ ‘ਯੈੱਸ’ ਜਾਂ ‘ਨੋ’ ਕਰਨ ਦੀ ਤਿਆਰੀ ਕਰ ਲਈ ਗਈ ਹੈ।

ਬੇਸ਼ੱਕ ਕੱਚੇ ਲੋਕਾਂ ਦੀ ਐਨੀਂ ਵੱਡੀ ਗਿਣਤੀ ਨਾਲ ਸਿੱਝਣਾ ਸਰਕਾਰ ਲਈ ਸੁਖਾਲਾ ਕੰਮ ਨਹੀਂ। ਇਸੇ ਲਈ ਆਵਾਸ ਮੰਤਰੀ ਵੱਲੋਂ ਕੰਮ ਕਰਨ ਦੇ ਬੁਨਿਆਦੀ ਢਾਂਚੇ ਵਿੱਚ ਵੀ ਬਦਲਾਅ ਕੀਤੇ ਜਾ ਰਹੇ ਹਨ ਤਾਂ ਕਿ ਅਗਲੇ ਸਾਲ ‘ਚ ਮੌਜੂਦਾ ਅਬਾਦੀ ਨੂੰ ਬਰੇਕ ਹੀ ਨਹੀਂ, ਸਗੋਂ ਯਕੀਨੀ ਮੋੜਾ ਦੇ ਕੇ ਘਟਾਉਣ ਦੇ ਮਿੱਥੇ ਹੋਏ ਟੀਚੇ ਨੂੰ ਪ੍ਰਾਪਤ ਕਰ ਲਿਆ ਜਾਏ। ਸਰਕਾਰ ਕੋਲ ਇਹ ਅੰਕੜੇ ਪਹੁੰਚੇ ਹਨ ਕਿ ਦੇਸ਼ ਵਿੱਚ 12.62 ਲੱਖ ਲੋਕ ਗੈਰਕਨੂੰਨੀ ਢੰਗ ਨਾਲ ਰਹਿ ਰਹੇ ਹਨ, ਜਿਨ੍ਹਾਂ ਨੂੰ ਵਾਪਸ ਭੇਜਣ ਤੋਂ ਬਾਅਦ ਹੀ ਸਿਹਤ, ਰਿਹਾਇਸ਼ ਤੇ ਰੁਜ਼ਗਾਰ ਮੌਕਿਆਂ ਦੇ ਤਵਾਜ਼ਨ ਵਿੱਚ ਆਏ ਵਿਗਾੜ ਨੂੰ ਫਿਰ ਤੋਂ ਪੈਰਾਂ ਸਿਰ ਕੀਤਾ ਜਾ ਸਕਦਾ ਹੈ।