ਸਰਹੱਦੀ ਪਿੰਡ ਲੱਖੂਵਾਲ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦਕਿ ਚਾਰ ਹੋਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲੱਖੂਵਾਲ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦਾ ਜੱਦੀ ਪਿੰਡ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੱਖੂਵਾਲ ਦਾ ਨੌਜਵਾਨ ਦੀਪਇੰਦਰ ਸਿੰਘ ਦੀਪੂ ਆਪਣੇ ਕੁਝ ਸਾਥੀਆਂ ਸਣੇ ਆਪਣੀ ਹਵੇਲੀ ਵਿੱਚ ਬੈਠਾ ਸੀ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਇਸ ਦੌਰਾਨ ਦੋ ਨਕਾਬਪੋਸ਼ ਮੋਟਰਸਾਈਕਲ ’ਤੇ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਵਿੱਚ ਦੀਪੂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੇ ਚਾਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੇ ਐੱਸਐੱਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਪਿੰਡ ਲੱਖੂਵਾਲ ਵਿਖੇ ਦੇਰ ਸ਼ਾਮ 2 ਮੋਟਰਸਾਈਕਲਾਂ ’ਤੇ ਆਏ ਨਕਾਬਪੋਸ਼ਾਂ ਨੇ ਗੋਲੀਬਾਰੀ ਕਰ ਕੇ ‘ਆਪ’ ਆਗੂ ਦੀਪਇੰਦਰ ਸਿੰਘ ਉਰਫ ਦੀਪੂ ਲੱਖੂਵਾਲੀਆ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇਸ ਗੋਲੀਕਾਂਡ ਵਿਚ 4 ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੋਟਰਸਾਈਕਲ ਸਵਾਰ ਹਮਲਾਵਰ ਗੋਲੀਬਾਰੀ ਕਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਸਥਾਨ ’ਤੇ ਪਹੁੰਚੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਦੀਪਇੰਦਰ ਸਿੰਘ ਆਪਣੇ ਸਾਥੀਆਂ ਸਮੇਤ ਪਿੰਡ ਵਾਲੀ ਹਵੇਲੀ ਕੋਲ ਬੈਠਾ ਚੋਣਾਂ ਸਬੰਧੀ ਰਣਨੀਤੀ ਉਲੀਕ ਰਿਹਾ ਸੀ ਕਿ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੀਪਇੰਦਰ ਸਿੰਘ ਦੀ ਮੌਤ ਹੋ ਗਈ ਜਦਕਿ 4 ਹੋਰ ਵਿਅਕਤੀ, ਜਿਨ੍ਹਾਂ ਵਿਚ ਸੁਖਚਰਨਜੀਤ ਸਿੰਘ, ਮੇਜਰ ਸਿੰਘ, ਸੰਦੀਪ ਸਿੰਘ ਅਤੇ ਸਵਰਨ ਸਿੰਘ ਜ਼ਖਮੀ ਹੋ ਗਏ, ਜੋ ਇਸ ਸਮੇਂ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਸਾਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਆਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।