Punjab DGP Gaurav Yadav ’ਤੇ ਲੱਗਿਆ 2 ਲੱਖ ਰੁਪਏ ਦਾ ਜੁਰਮਾਨਾ !
ਪੰਜਾਬ ਦੇ ਡੀਜੀਪੀ ਗੌਰਵ ਯਾਦਵ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੌਡੀਫਾਈ ਵਾਹਨਾਂ ਖਿਲਾਫ ਕਾਰਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕਾਰਵਾਈ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਤੋਂਅ ਇਲਾਵਾ ਤਿੰਨ ਆਈਏਐਸ ਅਧਿਕਾਰੀਆਂ ਨੂੰ ਜੁਰਮਾਨਾ ਲਗਾਇਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਅਧਿਕਾਰੀਆਂ ਕੋਲੋਂ ਪ੍ਰਾਪਤ ਹੋਣ ਵਾਲੀ ਜੁਰਮਾਨਾ ਰਾਸ਼ੀ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਕੋਸ਼ ’ਚ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਮਾਮਲੇ ਸਬੰਧੀ ਪਿਛਲੀ ਸੁਣਵਾਈ ‘ਤੇ, ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। ਹਾਲਾਂਕਿ, ਜੁਰਮਾਨਾ ਭਰਨ ਦੀ ਬਜਾਏ, ਉਨ੍ਹਾਂ ਨੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ। ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ, ਜੁਰਮਾਨੇ ਨੂੰ ਵਧਾ ਕੇ 2 ਲੱਖ ਰੁਪਏ ਕਰ ਦਿੱਤਾ, ਇਹ ਰਕਮ 27 ਨਵੰਬਰ ਤੱਕ ਮੁੱਖ ਮੰਤਰੀ ਆਫ਼ਤ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਉਣ ਅਤੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਅਤੇ ਹਾਈ ਕੋਰਟ ਨੂੰ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਮੋਡੀਫਾਈਡ ਵਾਹਨਾਂ ਵਿਰੁੱਧ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਰਿਪੋਰਟ ਆਈ ਸੀ ਕਿ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੋਡੀਫਾਈਡ ਰਿਕਸ਼ਾ ਅਤੇ ਗੱਡੀਆਂ ਚਲਾਈਆਂ ਜਾ ਰਹੀਆਂ ਹਨ, ਜੋ ਕਿ ਮੋਟਰ ਵਹੀਕਲ ਐਕਟ ਦੀ ਸਿੱਧੀ ਉਲੰਘਣਾ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਇਨ੍ਹਾਂ ‘ਤੇ ਪਾਬੰਦੀ ਲਗਾਈ ਗਈ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸਦੇ ਖਿਲਾਫ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮੁੱਦੇ ‘ਤੇ, ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਕਾਰਵਾਈ ਨਾ ਕਰਨ ‘ਤੇ, ਹਾਈ ਕੋਰਟ ਨੇ ਹੁਣ ਪੰਜਾਬ ਦੇ ਡੀਜੀਪੀ, ਟਰਾਂਸਪੋਰਟ ਵਿਭਾਗ ਦੇ ਸਕੱਤਰ, ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸੰਗਰੂਰ ਦੇ ਡੀਸੀ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।