Harmeet Singh Pathanmajra – ਹਾਈ ਕੋਰਟ ਦਾ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਵੱਡਾ ਝਟਕਾ
MLA Harmeet Pathanmajra: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਮੀਤ ਪਠਾਨਮਾਜਰਾ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਅਤੇ ਭਗੌੜੇ ਦੇ ਹੁਕਮ ਦੀ ਘੋਸ਼ਣਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਅਤੇ ਵਿਦੇਸ਼ ਭੱਜਣ ਨੂੰ ਗੰਭੀਰ ਮੰਨਿਆ ਹੈ। ਹਾਈ ਕੋਰਟ ਨੇ ਵਾਰੰਟ ਜਾਰੀ ਕਰਨ ਨੂੰ ਪਰੇਸ਼ਾਨੀ ਨਹੀਂ ਸਗੋਂ ਢੁਕਵੀਂ ਕਾਰਵਾਈ ਦੱਸਿਆ ਹੈ।
ਪਟਿਆਲਾ ਜ਼ਿਲ੍ਹੇ ਵਿੱਚ ਦਰਜ ਬਲਾਤਕਾਰ ਮਾਮਲੇ ਵਿੱਚ ਭਗੌੜੇ ਕਰਾਰ ਦਿੱਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਪਟਿਆਲਾ ਅਦਾਲਤ ਵੱਲੋਂ ਜਾਰੀ ਕੀਤੇ ਗ੍ਰਿਫ਼ਤਾਰੀ ਵਾਰੰਟ ਅਤੇ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਨ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਹੈ।

ਪਠਾਨਮਾਜਰਾ ਨੇ ਪਟਿਆਲਾ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੇ ਵਕੀਲ ਐਡਵੋਕੇਟ ਨਿਖਿਲ ਘਈ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ 5 ਸਤੰਬਰ ਅਤੇ 11 ਸਤੰਬਰ 2025 ਨੂੰ ਜਾਰੀ ਗ੍ਰਿਫ਼ਤਾਰੀ ਵਾਰੰਟਾਂ ਨਾਲ ਨਾਲ 16 ਅਕਤੂਬਰ ਅਤੇ 20 ਦਸੰਬਰ 2025 ਨੂੰ ਪਾਸ ਕੀਤੇ ਭਗੌੜਾ ਘੋਸ਼ਿਤ ਕਰਨ ਵਾਲੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਕਿ ਪਹਿਲਾਂ ਪਟਿਆਲਾ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ ਪਰ ਵਿਧਾਇਕ ਪੇਸ਼ ਨਹੀਂ ਹੋਏ। ਨਾਲ ਹੀ ਇਹ ਵੀ ਕਿਹਾ ਗਿਆ ਕਿ ਗੰਭੀਰ ਅਪਰਾਧਾਂ ਵਿੱਚ ਪੁਲਿਸ ਨੂੰ ਬਿਨਾਂ ਵਾਰੰਟ ਗ੍ਰਿਫ਼ਤਾਰੀ ਦਾ ਅਧਿਕਾਰ ਹੁੰਦਾ ਹੈ, ਇਸ ਲਈ ਅਦਾਲਤੀ ਵਾਰੰਟ ਲੈਣਾ ਜ਼ਰੂਰੀ ਨਹੀਂ ਸੀ। ਹਾਲਾਂਕਿ ਹਾਈ ਕੋਰਟ ਨੇ ਇਹ ਦਲੀਲਾਂ ਸਵੀਕਾਰ ਨਹੀਂ ਕੀਤੀਆਂ ਅਤੇ ਹੇਠਲੀ ਅਦਾਲਤ ਦੇ ਹੁਕਮ ਕਾਇਮ ਰੱਖੇ
ਕਾਬਿਲੇਗੌਰ ਹੈ ਕਿ ਬੀਤੇ ਦਿਨ ਦੂਜੇ ਮਾਮਲੇ ਵਿੱਚ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਸੀ। ਕੋਰਟ ਨੇ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਉਸ ’ਤੇ ਚੋਣ ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲਗਾਏ ਗਏ ਸਨ। ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਐਫਆਈਆਰ ਨੰਬਰ 0016 ਮਿਤੀ 10.02.2022, ਜੋ ਕਿ ਧਾਰਾਵਾਂ 193, 199 ਆਈਪੀਸੀ ਅਤੇ ਲੋਕ ਪ੍ਰਤੀਨਿਧਿਤਾ ਐਕਟ, 1951 ਦੀ ਧਾਰਾ 125A ਅਧੀਨ ਥਾਣਾ ਜੁਲਕਾਂ, ਜ਼ਿਲ੍ਹਾ ਪਟਿਆਲਾ ਵਿਖੇ ਦਰਜ ਕੀਤੀ ਗਈ ਸੀ।