CM Bhagwant Mann ਮੁਆਫ਼ੀ ਮੰਗਣ, ਨਹੀਂ ਤਾਂ ਸ਼ਿਕਾਇਤ ਕਰਾਂਗੇ: ਗਨੀਵ ਮਜੀਠੀਆ
ਕੌਮੀ ਮਹਿਲਾ ਕਮਿਸ਼ਨ ਕੋਲ ਜਾਣ ਦੀ ਦਿੱਤੀ ਚਿਤਾਵਨੀ; ਆਂਗਣਵਾੜੀ ਵਰਕਰਾਂ ’ਤੇ ਤਸ਼ੱਦਦ ਦੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਵਿਰੁੱਧ ਵਰਤੀ ਕਥਿਤ ਅਪਮਾਨਜਨਕ ਸ਼ਬਦਾਵਲੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਆਪਣੀ ਟਿੱਪਣੀ ਲਈ ਪੰਜਾਬ ਦੀਆਂ ਔਰਤਾਂ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਹ ਇਸ ਮਾਮਲੇ ਨੂੰ ਕੌਮੀ ਮਹਿਲਾ ਕਮਿਸ਼ਨ ਕੋਲ ਲਿਜਾਣਗੇ।
ਗਨੀਵ ਮਜੀਠੀਆ ਨੇ ਆਂਗਣਵਾੜੀ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਪੁਲੀਸ ਵੱਲੋਂ ਕੀਤੇ ਗਏ ਤਸ਼ੱਦਦ ’ਤੇ ਵੀ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਥਿਤ ਝੂਠੇ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਮਾਂ ਦਾ ਇਕਲੌਤਾ ਪੁੱਤ ਮਾਰਿਆ ਗਿਆ ਹੈ, ਜਿਸ ਦਾ ਇਨਸਾਫ਼ ਮਿਲਣਾ ਚਾਹੀਦਾ ਹੈ। ਇਹ ਮਾਮਲਾ ਵੀ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਵਿਵਾਦਤ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਭਾਵੇਂ ਉਹ ਖਹਿਰਾ ਦੇ ਬਿਆਨ ਦਾ ਸਮਰਥਨ ਨਹੀਂ ਕਰਦੇ ਪਰ ਜਮਹੂਰੀ ਕਦਰਾਂ-ਕੀਮਤਾਂ ਮੁਤਾਬਕ ਉਨ੍ਹਾਂ ਨੂੰ ਸਦਨ ਵਿੱਚ ਆਪਣਾ ਪੱਖ ਰੱਖਣ ਦਾ ਮੌਕਾ ਜ਼ਰੂਰ ਮਿਲਣਾ ਚਾਹੀਦਾ ਸੀ। ਉਨ੍ਹਾਂ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਦਾ ਕੀਮਤੀ ਸਮਾਂ ਛੋਟੇ-ਮੋਟੇ ਨਿੱਜੀ ਮਸਲਿਆਂ ’ਤੇ ਬਰਬਾਦ ਕਰਨ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਵਰਤਿਆ ਜਾਣਾ ਚਾਹੀਦਾ ਹੈ।
