Breaking News – ਖੰਨਾ ਨਗਰ ਕੌਂਸਲ ਚੋਣਾਂ ਦੌਰਾਨ ਝੜਪ, ਆਪ ਸਮਰਥਕ ‘ਤੇ ਕੱਚ ਦੀ ਬੋਤਲ ਨਾਲ ਹਮਲੇ ਦੇ ਦੋਸ਼
Khanna News: ਹਸਪਤਾਲ ਵਿੱਚ ਇਲਾਜ ਅਧੀਨ ਨਿਰਭੈ ਸਿੰਘ ਨੇ ਦੋਸ਼ ਲਗਾਇਆ ਕਿ ਉਹ ਆਪਣੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਕਾਲਾ ਨਾਲ ਪੋਲਿੰਗ ਬੂਥ ‘ਤੇ ਮੌਜੂਦ ਸੀ। ਵੋਟਿੰਗ ਦੌਰਾਨ ਪੁਲਿਸ ਵੱਲੋਂ ਬੂਥ ਦੇ ਬਾਹਰ ਭੀੜ ਹਟਾਉਣ ਅਤੇ ਲੋਕਾਂ ਨੂੰ ਬਾਹਰ ਜਾਣ ਲਈ ਕਿਹਾ ਗਿਆ।
Khanna News: ਖੰਨਾ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 6 ਵਿੱਚ ਹਿੰਸਾ ਦੀ ਘਟਨਾ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੇ ਇੱਕ ਸਮਰਥਕ ‘ਤੇ ਹਮਲੇ ਦੇ ਦੋਸ਼ ਲੱਗੇ ਹਨ। ਜ਼ਖਮੀ ਦੀ ਪਹਿਚਾਣ ਨਿਰਭੈ ਸਿੰਘ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਖੰਨਾ ਵਿੱਚ ਦਾਖਲ ਕਰਵਾਇਆ ਗਿਆ ਹੈ।
ਹਸਪਤਾਲ ਵਿੱਚ ਇਲਾਜ ਅਧੀਨ ਨਿਰਭੈ ਸਿੰਘ ਨੇ ਦੋਸ਼ ਲਗਾਇਆ ਕਿ ਉਹ ਆਪਣੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਕਾਲਾ ਨਾਲ ਪੋਲਿੰਗ ਬੂਥ ‘ਤੇ ਮੌਜੂਦ ਸੀ। ਵੋਟਿੰਗ ਦੌਰਾਨ ਪੁਲਿਸ ਵੱਲੋਂ ਬੂਥ ਦੇ ਬਾਹਰ ਭੀੜ ਹਟਾਉਣ ਅਤੇ ਲੋਕਾਂ ਨੂੰ ਬਾਹਰ ਜਾਣ ਲਈ ਕਿਹਾ ਗਿਆ। ਉਸਦਾ ਕਹਿਣਾ ਹੈ ਕਿ ਜਦੋਂ ਉਹ ਉਮੀਦਵਾਰ ਨਾਲ ਬੂਥ ਤੋਂ ਬਾਹਰ ਨਿਕਲ ਰਿਹਾ ਸੀ ਤਾਂ ਕੁਝ ਕਾਂਗਰਸੀ ਸਮਰਥਕਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।
ਨਿਰਭੈ ਸਿੰਘ ਦੇ ਦਾਅਵੇ ਮੁਤਾਬਕ ਹਮਲਾਵਰਾਂ ਨੇ ਉਸ ਦੇ ਸਿਰ ‘ਤੇ ਬੀਅਰ ਦੀ ਬੋਤਲ ਨਾਲ ਵਾਰ ਕੀਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਕੁਝ ਸਮੇਂ ਲਈ ਤਣਾਅ ਦਾ ਮਾਹੌਲ ਬਣਿਆ ਰਿਹਾ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਪੁੱਛਗਿੱਛ ਲਈ ਦੋ ਕਾਂਗਰਸੀ ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।