Breaking News

Breaking news- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼

Breaking news- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼

ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ਉੱਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਮੌਕੇ ‘ਤੇ ਹਾਜ਼ਰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ ਬੀਤੀ ਦੇਰ ਰਾਤ ਲਗਪਗ 12:30 ਵਜੇ ਵਾਪਰੀ। ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਹੈ, ਜਿੱਥੇ ਉਸ ਵੇਲੇ ਅਖੰਡ ਪਾਠ ਚੱਲ ਰਿਹਾ ਸੀ। ਕੁਝ ਸੰਗਤਾਂ ਅੰਦਰ ਬੈਠੀਆਂ ਹੋਈਆਂ ਪਾਠ ਸੁਣ ਰਹੀਆਂ ਸਨ। ਇਸ ਦੌਰਾਨ ਇੱਕ ਵਿਅਕਤੀ ਅੰਦਰ ਦਾਖਲ ਹੋਇਆ ਅਤੇ ਪਾਵਨ ਸਰੂਪ ਦੀ ਪਰਿਕਰਮਾ ਕਰਨ ਤੋਂ ਬਾਅਦ ਉਸ ਨੇ ਅੱਗੇ ਪਈ ਕਿਰਪਾਨ ਨੂੰ ਚੁੱਕਣ ਦਾ ਯਤਨ ਕੀਤਾ। ਇਸ ਦੌਰਾਨ ਉੱਥੇ ਬੈਠੀਆਂ ਸੰਗਤਾਂ ਨੇ ਉਸ ਨੂੰ ਕਾਬੂ ਕਰ ਲਿਆ। ਸੰਗਤ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਗਈ ਅਤੇ ਬਾਅਦ ਵਿੱਚ ਪੁਲੀਸ ਨੂੰ ਸੌਂਪ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤੇ ਗਏ ਵਿਅਕਤੀ ਕੋਲੋਂ ਉਸ ਦੀ ਸ਼ਨਾਖ਼ਤ ਸਬੰਧੀ ਕੁਝ ਵੀ ਪ੍ਰਾਪਤ ਨਹੀਂ ਹੋਇਆ ਹੈ।ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਇਹ ਦੂਜੀ ਅਜਿਹੀ ਘਟਨਾ ਹੈ, ਜਿਸ ਵਿੱਚ ਬੇਅਦਬੀ ਕਰਨ ਦਾ ਯਤਨ ਕੀਤਾ ਗਿਆ ਹੈ।

ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੇ ਸਾਜ਼ਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾਅ ਰਿਹਾ, ਪਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰੰਤੂ ਸਰਕਾਰਾਂ ਦੀ ਨਾਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇੱਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ, ਪਰ ਅੱਜ ਤੱਕ ਸਰਕਾਰਾਂ ਉਸ ਵਿਅਕਤੀ ਅਤੇ ਉਸ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਵਿੱਚ ਵੀ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ, ਜਿਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪੁਲੀਸ ਦੀ ਹਿਰਾਸਤ ਵਿੱਚ ਹੈ, ਜੇਕਰ ਅਜੇ ਵੀ ਇਸ ਘਟਨਾ ਦੇ ਸਾਜ਼ਿਸ਼ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ, ਇਸ ਲਈ ਸੁਚੇਤ ਹੋ ਕੇ ਸੇਵਾ ਨਿਭਾਈ ਜਾਵੇ।

ਉੱਥੇ ਹੀ ਇਸ ਸਬੰਧ ਵਿੱਚ ਪੁਲੀਸ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਗਿਆ ਵਿਅਕਤੀ ਪੰਜਾਬ ਨਾਲ ਸਬੰਧਤ ਨਹੀਂ ਹੈ।

ਸਰਕਾਰ ਬੇਅਦਬੀਆਂ ਰੋਕਣ ’ਚ ਫੇਲ੍ਹ- ਜਥੇਦਾਰ
ਉੱਥੇ ਹੀ ਇਸ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਪਰੰਤੂ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਫੇਲ੍ਹ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦੀ ਇਹ ਘਟਨਾ ਬਿਲਕੁਲ ਉਸੇ ਤਰਜ਼ ‘ਤੇ ਵਾਪਰੀ ਹੈ, ਜਿਵੇਂ ਦਸੰਬਰ 2021 ਵਿੱਚ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਗਿਆ ਸੀ।

Check Also

Punjab – ਜਲੰਧਰ ਚ ਚਿੱਟੇ ਲਈ 16 ਦਿਨ ਦੇ ਬੱਚੇ ਨੂੰ 5 ਲੱਖ ਵਿੱਚ ਵੇਚਿਆ

Punjab – ਜਲੰਧਰ ਚ ਚਿੱਟੇ ਲਈ 16 ਦਿਨ ਦੇ ਬੱਚੇ ਨੂੰ 5 ਲੱਖ ਵਿੱਚ ਵੇਚਿਆ …