Canada – ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
22 ਲੱਖ ਰੁਪਏ ਖਰਚ ਕੇ ਕੈਨੇਡਾ ਭੇਜੀ ਪਤਨੀ ਵੱਲੋਂ ਪਤੀ ਨੂੰ ਬੁਲਾਉਣ ਤੋਂ ਇਨਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਥਾਣਾ ਸਿਟੀ ਸਾਊਥ ਪੁਲਸ ਨੇ ਭੁਪਿੰਦਰ ਸਿੰਘ ਵਾਸੀ ਪਿੰਡ ਚੁੱਪਕੀਤੀ ਦੀ ਸ਼ਿਕਾਇਤ ’ਤੇ ਕੈਨੇਡਾ ਰਹਿੰਦੀ ਉਸ ਦੀ ਪਤਨੀ ਮਨਦੀਪ ਕੌਰ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਥਾਣਾ ਚੜਿੱਕ ਦੇ ਇੰਚਾਰਜ ਇੰਸਪੈਕਟਰ ਗੁਰਸੇਵਕ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੀ ਸ਼ਿਕਾਇਤ ਵਿਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਮਨਦੀਪ ਕੌਰ ਵਾਸੀ ਪਿੰਡ ਢੁੱਡੀਕੇ ਨਾਲ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ।

ਉਸ ਨੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਥਿਤ ਮਿਲੀਭੁਗਤ ਕਰ ਕੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਉਸ ਨਾਲ ਵਿਆਹ ਕਰਵਾਇਆ ਅਤੇ ਬਾਅਦ ਵਿਚ ਉਸ ਨੂੰ ਵਿਦੇਸ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਅਨੁਸਾਰ ਉਸ ਨੇ ਆਪਣੀ ਪਤਨੀ ਨੂੰ ਕੈਨੇਡਾ ਭੇਜਣ ਲਈ ਕਰੀਬ 22 ਲੱਖ ਰੁਪਏ ਖਰਚ ਕੀਤੇ।
ਉਸ ਦੀ ਪਤਨੀ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਕੈਨੇਡਾ ਪਹੁੰਚਣ ਤੋਂ ਬਾਅਦ ਉਹ ਉਸ ਨੂੰ ਵੀ ਉੱਥੇ ਬੁਲਾ ਲਵੇਗੀ ਪਰ ਜਦੋਂ ਉਹ ਕੈਨੇਡਾ ਵਿਚ ਪੀ. ਆਰ. ਹੋ ਗਈ ਤਾਂ ਉਸ ਨੇ ਉਸ ਨੂੰ ਕੈਨੇਡਾ ਬੁਲਾਉਣ ਤੋਂ ਇਨਕਾਰ ਕਰ ਦਿੱਤਾ।
ਭੁਪਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਇਸ ਤਰ੍ਹਾਂ ਉਸ ਦੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਥਿਤ ਮਿਲੀਭੁਗਤ ਕਰ ਕੇ ਉਸ ਨਾਲ 22 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਪੁਲਸ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਮੁਲਜ਼ਮ ਮਨਦੀਪ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਥਾਣਾ ਚੜਿੱਕ ਦੇ ਇੰਚਾਰਜ ਇੰਸਪੈਕਟਰ ਗੁਰਸੇਵਕ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਕਥਿਤ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।