Saudi Arabia ਸਾਊਦੀ ਅਰਬ ਵਿਚ ਪੰਜਾਬ ਦੇ ਨੌਜਵਾਨ ਦੀ ਮੌਤ, ਪਰਿਵਾਰ ”ਤੇ ਟੁੱਟਿਆ ਦੁੱਖਾਂ ਦਾ ਪਹਾੜ
ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ ਸਾਊਦੀ ਅਰਬ ਗਏ ਪਿੰਡ ਨਡਾਲਾ ਦੇ ਇੱਕ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਨਾਲ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਨਡਾਲਾ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਛੋਟੇ ਭਰਾ ਕੁਲਦੀਪ ਸਿੰਘ ਕਲਸੀ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਦਰਬਾਰਾ ਸਿੰਘ ਕਲਸੀ ਪੁੱਤਰ ਭੋਲਾ ਸਿੰਘ ਵਾਸੀ ਨਡਾਲਾ ਰੋਜ਼ਗਾਰ ਦੇ ਸਿਲਸਿਲੇ ਵਿੱਚ ਸਾਊਦੀ ਅਰਬ ਗਿਆ ਹੋਇਆ ਸੀ ਅਤੇ ਉਹ ਅਕਸਰ ਛੁੱਟੀ ਆਉਣ ਉਪਰੰਤ ਵਾਪਸ ਵਿਦੇਸ਼ ਚਲਾ ਜਾਂਦਾ ਸੀ। ਪਿਛਲੀ 5 ਦਸੰਬਰ ਨੂੰ ਵੀ ਉਹ ਛੁੱਟੀ ਕੱਟ ਕੇ ਮੁੜ ਸਾਊਦੀ ਅਰਬ ਗਿਆ ਸੀ ਅਤੇ ਉੱਥੇ ਕੰਮ ਕਰ ਰਿਹਾ ਸੀ।
ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੀ 21 ਨਵੰਬਰ ਨੂੰ ਸਾਊਦੀ ਅਰਬ ਤੋਂ ਉਸ ਦੇ ਭਰਾ ਦੇ ਫੋਰਮੈਨ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਦਰਬਾਰਾ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ ਹੈ। ਵਿਦੇਸ਼ ਵਿੱਚ ਕੰਮ ਕਰਦੇ ਭਰਾ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਉਨ੍ਹਾਂ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਸਾਊਦੀ ਅਰਬ ਵਿੱਚ ਫਸੀ ਦਰਬਾਰਾ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕਰਵਾਈ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਆਪਣੇ ਪਿੰਡ ਵਿੱਚ ਕਰ ਸਕੇ।