ਹਰਸਿਮਰਤ ਨੇ ਕਦੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੀ ਨਹੀਂ-ਭਾਜਪਾ ਦੀ ਕੇਂਦਰ ਸਰਕਾਰ ਦਾ ਖੁਲਾਸਾ

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਦੇ ਵੀ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ। ਹਰਸਿਮਰਤ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੌਰਾਨ ਬਿੱਲਾਂ ਬਾਰੇ ਆਪਣਾ ਪੱਖ ਰੱਖਣ ਦੇ ਦਾਅਵਿਆਂ ਬਾਰੇ ਸ੍ਰੀ ਪੁਰੀ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਨਾ ਕਦੇ ਕੁਝ ਸੁਣਿਆ ਅਤੇ ਨਾ ਹੀ ਦੇਖਿਆ।

ਕੇਂਦਰੀ ਮੰਤਰੀ ਨੇ ਕਿਹਾ ਕਿ 6 ਸਤੰਬਰ ਤੋਂ ਪਹਿਲਾਂ ਅਕਾਲੀ ਦਲ ਦੀ ਸੁਰ ਹੋਰ ਸੀ ਅਤੇ ਹਰਸਿਮਰਤ ਵੱਲੋਂ ਅਸਤੀਫ਼ਾ ਦੇਣ ਤੇ ਗੱਠਜੋੜ ’ਚੋਂ ਬਾਹਰ ਆਉਣ ਮਗਰੋਂ ਇਹ ਬਿਲਕੁਲ ਹੀ ਬਦਲ ਗਈ ਹੈ। ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਤਿੰਨ ਮਹੀਨਿਆਂ ਤੋਂ ਇਨ੍ਹਾਂ ਆਰਡੀਨੈਂਸਾਂ ‘ਤੇ ਮੋਦੀ ਸਰਕਾਰ ਦੇ ਨਾਲ ਸੀ, ਪਰ ਹੁਣ ਇਹ ਵੀ ਇਸ ਰਾਜਨੀਤਿਕ ਡਰਾਮੇ ਵਿਚ ਸ਼ਾਮਲ ਹੋ ਗਿਆ ਹੈ। ਹਰਦੀਪ ਪੁਰੀ ਨੇ ਇਹ ਗੱਲ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਹਰਦੀਪ ਪੁਰੀ ਨੇ ਕਿਹਾ ਕਿ ਕਾਂਗਰਸ ਦੇ 2019 ਦੇ ਚੋਣ ਮੈਨੀਫੈਸਟੋ ਵਿੱਚ ਵੀ ਇਨ੍ਹਾਂ ਕਿਸਾਨ ਆਰਡੀਨੈਂਸਾਂ ਦਾ ਵੇਰਵਾ ਦਿੱਤਾ ਗਿਆ ਹੈ, ਪਰ ਕਾਂਗਰਸ ਇਨ੍ਹਾਂ ਆਰਡੀਨੈਂਸਾਂ ਬਾਰੇ ਕਿਸਾਨਾਂ ਨੂੰ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ‘ਆਪ’ ਅਤੇ ਅਕਾਲੀ ਦਲ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਐਮਐਸਪੀ ਨੂੰ ਹਟਾਉਣ ਜਾ ਰਹੀ ਹੈ, ਜਦੋਂਕਿ ਮੋਦੀ ਸਰਕਾਰ ਵਾਰ-ਵਾਰ ਇਹ ਕਹਿ ਰਹੀ ਹੈ ਕਿ ਇੱਥੇ ਐਮਐਸਪੀ ਸੀ, ਇਹ ਐਮਐਸਪੀ ਹੈ ਅਤੇ ਐਮਐਸਪੀ ਹੋਵੇਗਾ, ਅਤੇ ਇਸਦਾ ਸਬੂਤ ਇਹ ਹੈ ਕਿ ਮੋਦੀ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੀਆਂ ਹਾੜ੍ਹੀ ਦੀਆਂ ਫਸਲਾਂ ਦੇ ਐਮਐਸਪੀ ਵਿੱਚ ਵਾਧਾ ਕੀਤਾ ਹੈ।

ਮੋਦੀ ਸਰਕਾਰ ਕਹਿ ਰਹੀ ਹੈ ਕਿ ਮੰਡੀਆਂ ਵਿਚ ਵੀ ਕੋਈ ਤਬਦੀਲੀ ਨਹੀਂ ਹੋਵੇਗੀ ਅਤੇ ਸਰਕਾਰ ਮੰਡੀਆਂ ਵਿਚ ਆਉਣ ਵਾਲੀ ਕਿਸਾਨੀ ਦੀ ਇਕ-ਇਕ ਅਨਾਜ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਸਰਕਾਰੀ ਖਰੀਦ ਵੀ ਸ਼ੁਰੂ ਹੋ ਗਈ ਹੈ। ਪਰ ਕਾਂਗਰਸ, ਆਪ ਅਤੇ ਅਕਾਲੀ ਦਲ ਵਾਰ-ਵਾਰ ਇਸ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

ਹਰਦੀਪ ਪੁਰੀ ਨੇ ਕਿਹਾ ਕਿ ਕਾਂਗਰਸ ਵੱਲੋਂ ਕਿਸਾਨ ਦਾ ਟਰੈਕਟਰ ਸਾੜਨਾ ਅਤੇ ਭਾਜਪਾ ਦਫ਼ਤਰਾਂ ਵਿੱਚ ਦਾਖਲ ਹੋ ਕੇ ਨਾਅਰੇਬਾਜ਼ੀ ਕਰਨਾ ਜਨਤਕ ਗੁੰਡਾਗਰਦੀ ਹੈ। ਕਿਸਾਨ ਕਦੇ ਵੀ ਆਪਣਾ ਦਾ ਟਰੈਕਟਰ ਨਹੀਂ ਸਾੜਨਗੇ ਕਿਉਂਕਿ ਉਹ ਉਨ੍ਹਾਂ ਦੇ ਸਾਧਨਾਂ ਦੀ ਪੂਜਾ ਕਰਦੇ ਹਨ I ਭਾਜਪਾ ਵਰਕਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਅਤੇ ਜਵਾਬ ਦੇਣ ਦੇ ਯੋਗ ਹਨ।