ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਭਲਕੇ 4 ਨਵੰਬਰ ਨੂੰ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ ‘ਤੇ ਧਰਨਾ ਦਿੱਤਾ ਜਾਵੇਗਾ।
ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਿੱਲੀ ਧਾਰਾ 144 ਲੱਗੇ ਹੋਣ ਕਾਰਨ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਦੀ ਸਮਾਧੀ ਤੱਕ ਚਾਰ-ਚਾਰ ਵਿਧਾਇਕਾਂ ਦਾ ਜਥਾ ਮਾਰਚ ਕਰੇਗਾ। ਪਹਿਲਾ ਜਥਾ ਸਵੇਰੇ 10.30 ਵਜੇ ਰਵਾਨਾ ਹੋਵੇਗਾ, ਜਿਸ ਦੀ ਅਗਵਾਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।
ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਨਵੰਬਰ ਨੂੰ ਸਾਰੇ ਵਿਧਾਇਕਾਂ ਨਾਲ ਰਾਸ਼ਟਰਪਤੀ ਨੂੰ ਮਿਲਣ ਦਾ ਐਲਾਨ ਕੀਤਾ ਸੀ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਨੇ ਅਜੇ ਤੱਕ ਮਿਲਣ ਦਾ ਸਮਾਂ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ‘ਚ ਪਾਸ ਕੀਤੇ ਗਏ ਖੇਤੀ ਬਿੱਲ ਵੀ ਅਜੇ ਤੱਕ ਰਾਜਪਾਲ ਪੰਜਾਬ ਦੇ ਕੋਲ ਹੀ ਪਏ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਅਜਿਹੇ ‘ਚ ਮੁੱਖ ਮੰਤਰੀ ਅਤੇ ਵਿਧਾਇਕਾਂ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਸੰਭਾਵਨਾ ਘੱਟ ਹੀ ਜਤਾਈ ਜਾ ਰਹੀ ਹੈ।
