ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਵੱਲੋਂ ਮੁਲਕ ਉਪਰ ਜਬਰੀ ਥੋਪੇ ਗਏ ਖੇਤੀ ਕਾਨੂੰਨਾਂ ਨੂੰ ਅਕਾਲੀਆਂ ਦੀ ਭਾਈਵਾਲੀ ਵਾਲੀ ਭਾਜਪਾ ਦੀ ਐਨ.ਡੀ.ਏ. ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਕੁਝ ਵਾਪਰਨ ਦੇ ਬਾਵਜੂਦ ਅਕਾਲੀ ਆਪਣੇ ਸੂਬੇ ਅਤੇ ਲੋਕਾਂ ਦੀ ਕੀਮਤ ‘ਤੇ ਬੇਸ਼ਰਮੀ ਨਾਲ ਗੱਠਜੋੜ ਦਾ ਭਾਈਵਾਲ ਬਣੇ ਹੋਏ ਹਨ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਰਚੂਅਲ ਕਿਸਾਨ ਮੇਲੇ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਨੇ ਕਿਹਾ,”ਮੈਨੂੰ ਨਹੀਂ ਪਤਾ ਕਿ ਭਾਜਪਾ ਅਤੇ ਅਕਾਲੀਆਂ ਦੀ ਪੰਜਾਬ ਨਾਲ ਕੀ ਦੁਸ਼ਮਣੀ ਹੈ ਅਤੇ ਉਹ ਸਾਨੂੰ ਤਬਾਹ ਕਰਨ ‘ਤੇ ਕਿਉਂ ਤੁਲੇ ਹੋਏ ਹਨ? ਇਹ ਮੇਲਾ ਆਨਲਾਈਨ ਸੰਪਰਕ ਨਾਲ 100 ਥਾਵਾਂ ‘ਤੇ ਹੋਇਆ ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਿਸਾਨਾਂ, ਕਿਸਾਨ ਨੁਮਾਇੰਦਿਆਂ ਅਤੇ ਹੋਰ ਭਾਈਵਾਲਾਂ ਨੇ ਸ਼ਿਰਕਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਮੁੜ ਚਿਤਾਵਨੀ ਦਿੱਤੀ ਕਿ ਇਹ ਕਾਨੂੰਨ ਸਰਹੱਦੀ ਸੂਬੇ ਦੇ ਲੋਕਾਂ ਵਿੱਚ ਰੋਹ ਵਿੱਚ ਭਾਵਨਾ ਪੈਦਾ ਕਰਨਗੇ ਜਿਸ ਨਾਲ ਪਾਕਿਸਤਾਨ ਨੂੰ ਹੋਰ ਅੱਗ ਭੜਕਾਉਣ ਦਾ ਮੌਕਾ ਮਿਲ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਵਿਰੋਧੀ ਕਦਮ ਪੰਜਾਬ ਦੀ ਆਬੋ-ਹਵਾ ਨੂੰ ਖਰਾਬ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਮੁੜ ਵਿਚਾਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮੁਲਕ ਦੀ ਅੰਨ ਸੁਰੱਖਿਆ ਲਈ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਵੱਲੋਂ 65 ਸਾਲਾਂ ਵਿੱਚ ਕੀਤੀਆਂ ਕੁਰਬਾਨੀਆਂ ਨੂੰ ਮਿੱਟੀ ਵਿੱਚ ਮਿਲਾ ਦੇਣਗੇ।