ਕਪੂਰਥਲਾ ਤੋਂ ਸੀਨੀਅਰ ਕਾਂਗਸਰੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ‘ਕਾਂਗਰਸ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਲਈ ਹਰ ਲੜਾਈ ਲੜੇਗੀ ਤੇ ਇਸ ਲਈ ਉਹ ਕੋਈ ਵੀ ਕੁਰਬਾਨੀ ਲਈ ਤਿਆਰ ਹਨ।ਉਹ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ , ਕਿਸਾਨਾਂ ਦੀ ਹਾਜ਼ਰੀ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਰਚੁਅਲ ਕਿਸਾਨ ਮੇਲੇ ਦੀ ਸ਼ੁਰੂਆਤ ਤੋਂ ਬਾਅਦ ਗੱਲਬਾਤ ਕਰ ਰਹੇ ਸਨ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਵੇਂ ਕਿ ਕਿਸਾਨੀ ਪਹਿਲਾਂ ਦੀ ਬਹੁਤ ਮਾੜੇ ਸਮੇਂ ਦਾ ਸਾਹਮਣਾ ਕਰ ਰਹੀ ਹੈ ਪਰ ਹੁਣ ਭਾਜਪਾ ਤੇ ਅਕਾਲੀ ਦਲ ਦੀ ਸਰਕਾਰ ਨੇ ਮਿਲਕੇ ਖੇਤੀ ਮਾਰੂ ਆਰਡੀਨੈਂਸਾਂ ਰਾਹੀਂ ਕਿਸਾਨੀ ਦੀ ਹੋਂਦ ਨੂੰ ਮਿਟਾਉਣ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਕੇਂਦਰ ਸਰਕਾਰ ਇਹ ਭੁੱਲ ਗਈ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਹੀ ਆਪਣੀ ਮਿਹਨਤ ਨਾਲ ਦੇਸ਼ ਵਿਚ ਕਾਲ ਪੈਣ ਤੋਂ ਰੋਕੇ ਅਤੇ ਦੇਸ਼ ਨੂੰ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੇਸ਼ ਵਾਸੀਆਂ ਦਾ ਢਿੱਡ ਭਰਨ ਲਈ ਆਪਣਾ ਪਾਣੀ ਖਤਮ ਕਰ ਲਿਆ, ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਕਰ ਦਿੱਤੀ ਤੇ ਹੁਣ ਕੇਂਦਰ ਵਲੋਂ ਉਨਾਂ ਦੀ ਦੇਸ਼ ਸੇਵਾ ਦਾ ਮੁੱਲ ਕਿਸਾਨੀ, ਮਜ਼ਦੂਰ, ਆੜ੍ਹਤੀਆਂ ਤੇ ਮੰਡੀ ਵਿਵਸਥਾ ਨਾਲ ਜੁੜੇ ਲੱਖਾਂ ਲੋਕਾਂ ਨੂੰ ਸੜਕਾਂ ’ਤੇ ਲਿਆਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਬਹੁਕੌਮੀ ਕੰਪਨੀਆਂ ਸਾਰੀ ਮੰਡੀ ਉੱਪਰ ਕਬਜ਼ਾ ਕਰ ਲੈਣਗੀਆਂ ਤੇ ਆਮ ਕਿਸਾਨ ਦੀ ਹੋਂਦ ਖਤਮ ਹੋ ਜਾਵੇਗੀ।ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਤੇ ਅਕਾਲੀ ਦਲ ਵਲੋਂ ਲਾਗੂ ਕੀਤੇ ਇਨ੍ਹਾਂ ਤਿੰਨਾਂ ਕਾਲੇ ਕਾਨੂੰਨ ਦਾ ਵਿਰੋਧ ਕਰਨ ਅਤੇ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਹਰ ਲੜਾਈ ਵਿਚ ਮੋਹਰੇ ਹੋ ਕੇ ਲੜੇਗੀ।